ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਇਨਪੁਟ ਡੀਲਰਾਂ ਨੂੰ ਕੋਈ ਵੀ ਖਾਦ, ਬੀਜ ਜਾਂ ਕੀੜੇਮਾਰ ਦਵਾਈਆਂ ਨਾਲ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਕਰਨ ਤੋਂ ਗੁਰੇਜ਼ ਕਰਨ ਦੀ ਸਖਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤੀ ਇਨਪੁਟ ਡੀਲਰ ਵਲੋਂ ਕਿਸੇ ਤਰ੍ਹਾਂ ਦੀ ਟੈਗਿੰਗ ਦਾ ਮਾਮਲਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮਿਆਰੀ ਖਾਦ, ਬੀਜ, ਕੀੜੇਮਾਰ ਦਵਾਈਆਂ ਦੀ ਸਪਲਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੰਦਿਆਂ ਖੇਤੀਬਾੜੀ ਵਿਭਾਗ ਨੂੰ ਸਖਤੀ ਨਾਲ ਇਸ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਮੇਂ-ਸਮੇਂ ਸਿਰ ਕੈਂਪਾਂ ਰਾਹੀਂ ਇਨਪੁਟਸ ਖਰੀਦਣ ਸਮੇਂ ਬਿੱਲ ਜ਼ਰੂਰੀ ਲੈਣ ਸਬੰਧੀ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਵਿਭਾਗ ਵਲੋਂ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਦੇ ਵਿਕਰੇਤਾਵਾਂ ਦੀ ਕੁਆਲਿਟੀ ਕੰਟਰੋਲ ਤਹਿਤ ਚੈਕਿੰਗ ਕੀਤੀ ਜਾਂਦੀ ਹੈ ਅਤੇ ਸੈਂਪਲ ਵੀ ਭਰੇ ਜਾਂਦੇ ਹਨ।
ਇਸੇ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਸਬੰਧੀ ਕੋਈ ਵੀ ਇਨਪੁਟ ਖਰੀਦਣ ਸਮੇਂ ਡੀਲਰ ਵਲੋਂ ਇਸ ਦਾ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਟੈਗਿੰਗ ਸਬੰਧੀ ਸ਼ਿਕਾਇਤ ਹੋਣ ’ਤੇ ਨਜ਼ਦੀਕੀ ਬਲਾਕ ਖੇਤੀਬਾੜੀ ਅਫ਼ਸਰ ਦੇ ਧਿਆਨ ਵਿਚ ਲਿਖਤੀ ਲਿਆਂਦਾ ਜਾਵੇ, ਤਾਂ ਜੋ ਸਬੰਧਤ ਡੀਲਰ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਡਾ. ਗੁਰਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਕੋਆਰਡੀਨੇਟਰ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਕਿਸਾਨਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ ਹੀ ਖਾਦਾਂ ਦੀ ਪਹੁੰਚ ਲਈ ਰੈਕ ਦੀ ਉਪਲਬੱਧਤਾ ਕਰਵਾਉਣ ਦੀ ਬੇਨਤੀ ਕੀਤੀ ਹੈ।