ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਬਣਦਾ ਮਾਣ-ਸਨਮਾਨ : ਕੋਮਲ ਮਿੱਤਲ


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਕੀਤੀ ਗਈ ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਾ ਵਿਚ ਆਉਣ ਵਾਲੀ ਦਿੱਕਤ, ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ, ਸਿਵਲ ਹਸਪਤਾਲਾਂ ਵਿਚ ਆਉਣ ਵਾਲੀਆਂ ਸਮੱਸਿਆਵਾਂ ਅਤੇ ਹੋਰ ਮੰਗਾਂ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਉਚਿਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਪਿਛਲੀ ਮੀਟਿੰਗ ਵਿਚ ਆਜ਼ਾਦੀ ਘੁਲਾਟੀਆਂ ਦੀਆਂ ਸ਼ਿਕਾਇਤਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਨਮਾਨਯੋਗ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ ਜਾਵੇ। ਉਨ੍ਹਾਂ ਵਿਭਾਗ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇ ਅਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇੇ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਦੇ ਕੰਮ ਉਹ ਪਹਿਲ ਦੇ ਆਧਾਰ ’ਤੇ ਕਰਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਭਾਗ ਅਤੇ ਸੇਵਾ ਕੇਂਦਰਾਂ ਵਿਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਕੋਈ ਮੁਸਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਿਚ ਪ੍ਰਧਾਨ ਅਵਤਾਰ ਸਿੰਘ, ਹਰਦੀਪ ਸਿੰਘ, ਰਮੇਸ਼ ਚੰਦ, ਦਲਜੀਤ ਸਿੰਘ, ਕੁਲਵੰਤ ਸਿੰਘ, ਨਰਿੰਦਰ ਸਿੰਘ, ਹਰਭਜਨ ਕੌਰ, ਵਿਪਨ ਕੁਮਾਰ, ਪੰਕਜ ਕੁਮਾਰ, ਜਗਤਾਰ ਸਿੰਘ, ਕਸ਼ਮੀਰ ਕੌਰ ਵੀ ਮੌਜੂਦ ਸਨ।

Leave a Reply

Your email address will not be published. Required fields are marked *