ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਦੀ ਸ਼ੋਭਾ ਹੋਰ ਵਧਾਉਣ ਲਈ ਜਲਦ ਹੀ ਇਥੇ 100 ਫੁੱਟ ਉੱਚਾ ਕੌਮੀ ਝੰਡਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਵੱਡਾ ਉਪਰਾਲਾ ਕਰਦਿਆਂ ਇਥੇ ਸਥਿਤ ਯਾਦਗਾਰ ਉੱਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦਾ ਜਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੁਣ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਬਿਜਲੀ ਦੀਆਂ ਤਾਰਾਂ ਬਿਲਕੁਲ ਉਪਰੋਂ ਲੰਘਦੀਆਂ ਹੋਣ ਕਾਰਨ ਹਮੇਸ਼ਾ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਚੌਕ ਬਣਿਆ ਹੈ, ਉਦੋਂ ਤੋਂ ਹੀ ਤਾਰਾਂ ਦੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ, ਚੰਦਰ ਸ਼ੇਖਰ ਆਜ਼ਾਦ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਮ ਕੁਮਾਰ ਬਿਸਮਿਲ ਤੇ ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੇ ਸੈਂਕੜੇ ਇਸ ਤਰ੍ਹਾਂ ਦੇ ਯੋਧੇ ਸਨ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸਾਡਾ ਫ਼ਰਜ਼ ਬਣਦਾ ਹੈ।