ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲੋਕਾਂ ਨੂੰ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਸਟੈਮ ਸੈੱਲ ਬੈਂਕ ਦੀ ਸਥਾਪਨਾ ਕੀਤੀ ਜਾ ਰਹੀ ਹੈ, ਜਿਸ ਲਈ ਲੋਕ ਜਾਗਰੂਕਤਾ ਅਤੇ ਡੋਨਰ ਰਜਿਸਟਰੇਸ਼ਨ ਜਲਦ ਹੀ ਸ਼ੁਰੂ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਕਾਲਜਾਂ, ਯੂਨੀਵਰਸਿਟੀਆਂ ਦੇ ਪ੍ਰਿੰਸੀਪਲਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅਰਜੁਨਵੀਰ ਫਾਊਂਡੇਸ਼ਨ ਨੇ ਇਸ ਬੈਂਕ ਦੀ ਸਥਾਪਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਸੀ ਅਤੇ ਲੋਕ ਹਿੱਤ ਵਿਚ ਪ੍ਰਸ਼ਾਸਨ ਵਲੋਂ ਫਾਊਂਡੇਸ਼ਨ ਨਾਲ ਮਿਲ ਕੇ ਇਸ ਬੈਂਕ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਇਸ ਕੰਮ ਲਈ ਪ੍ਰਸ਼ਾਸਨ ਵਲੋਂ ਸਾਬਕਾ ਮੰਡਲ ਭੂਮੀ ਰੱਖਿਆ ਅਫ਼ਸਰ ਨਰੇਸ਼ ਗੁਪਤਾ ਨੂੰ ਕਨਵੀਨਰ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਮ ਸੈੱਲ ਥਰੈਪੀ ਬਲੱਡ ਕੈਂਸਰ, ਥੈਲੇਸੀਮੀਆ, ਜੈਨੈਟਿਕ ਡਿਸਆਰਡਰ ਵਰਗੀਆਂ ਕਈ ਜਾਨਲੇਵਾ ਬਿਮਾਰੀਆਂ ਲਈ ਕਾਫ਼ੀ ਕਾਰਗਰ ਹੈ ਅਤੇ ਇਸ ਥਰੈਪੀ ਦੀ ਵਰਤੋਂ ਨਾਲ ਇਨ੍ਹਾਂ ਜਾਨਲੇਵਾ ਬਿਮਾਰੀਆਂ ਦਾ ਇਲਾਜ ਸੰਭਵ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਟੈਮ ਸੈੱਲ ਡੋਨੇਸ਼ਨ ਬਾਰੇ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਤੋਂ 50 ਸਾਲ ਉਮਰ ਵਰਗ ਦੇ ਮਹਿਲਾ ਤੇ ਪੁਰਸ਼ ਸਟੈਮ ਸੈੱਲ ਡੋਨਰ ਵਜੋਂ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਦੌਰਾਨ ਅਰਜੁਨਵੀਰ ਫਾਊਂਡੇਸ਼ਨ ਵਲੋਂ ਸਿੰਮੀ ਸਿੰਘ ਅਤੇ ਜਸਲੀਨ ਗਰਚਾ ਨੇ ਵੀ ਸਟੇਮ ਸੈੱਲ ਸਬੰਧੀ ਪੇਸ਼ਕਾਰੀ ਦਿੱਤੀ। ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਆਗਿਆ ਪਾਲ ਸਿੰਘ ਸਾਹਨੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਪ੍ਰੋਜੈਕਟ ਵਿਚ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ।