ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਇੱਕ-ਇੱਕ ਥਾਪਰ ਮਾਡਲ ਦੇ ਤਹਿਤ ਛੱਪੜਾਂ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਹੋਰ ਵਰਤੋਂ ਵਿੱਚ ਲਿਆਂਦਾ ਜਾ ਸਕੇ। ਉਹ ਪਿੰਡ ਅੱਜੋਵਾਲ ਵਿੱਚ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ 21.10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਛੱਪੜ ਦੇ ਨਵੀਨੀਕਰਨ ਤੋਂ ਇਲਾਵਾ ਪਿੰਡ ਦੇ ਵਿਕਾਸ ਕਾਰਜਾਂ ’ਤੇ ਪੀਣ ਵਾਲੇ ਪਾਣੀ ’ਤੇ 1.36 ਲੱਖ ਰੁਪਏ, 1.36 ਲੱਖ ਰੁਪਏ ਗੰਦੇ ਪਾਣੀ ਦੀ ਨਿਕਾਸੀ, 4.08 ਲੱਖ ਰੁਪਏ ਗਲੀਆਂ-ਨਾਲੀਆਂ ਅਤੇ 2 ਲੱਖ ਰੁਪਏ ਲਾਈਟਾਂ ’ਤੇੇ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡ ਅੱਜੋਵਾਲ ਦੀ ਹਰ ਲੋੜ ਪਹਿਲ ਦੇ ਆਧਾਰ ’ਤੇ ਪੂਰੀ ਕੀਤੀ ਜਾਵੇਗੀ ਅਤੇ ਪਿੰਡ ਦੇ ਵਿਕਾਸ ਵਿਚ ਗ੍ਰਾਂਟ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ ਸੁਖਜਿੰਦਰ ਸਿੰਘ, ਐਕਸੀਅਨ ਸਿਮਰਨਜੀਤ ਸਿੰਘ, ਸਰਪੰਚ ਸਤਿੰਦਰ ਸਿੰਘ, ਬਹਾਦਰ ਸਿੰਘ ਸੁਨੇਤ, ਨੀਤੂ ਕੁਮਾਰੀ, ਸੁਮਨ ਬਹਿਲ, ਕਮਲਜੀਤ ਬਹਿਲ, ਰਣਵੀਰ ਕੁਮਾਰ ਬਿੱਟੂ, ਬਲਵਿੰਦਰ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।