ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੇ ਨਿਰਮਾਣ ਕਾਰਜ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਗੁਣਵੱਤਾ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹ ਆਦਮਵਾਲ ਵਿਚ ਸੜਕ ਨਿਰਮਾਣ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਉਨ੍ਹਾਂ ਅਧਿਾਕਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਰਸਾਤਾਂ ਤੋਂ ਪਹਿਲਾਂ-ਪਹਿਲਾਂ ਸੜਕ ਨਿਰਮਾਣ ਕਾਰਜ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੜਕ ਦੇ ਨਿਰਮਾਣ ਨੂੰ ਲੈ ਕੇ ਨਾ ਸਿਰਫ ਆਪਣੀ ਵਚਨਬੱਧਤਾ ਦੁਹਰਾਈ ਬਲਕਿ ਤਮਾਮ ਦਿੱਕਤਾਂ ਨੂੰ ਦੂਰ ਕਰਦੇ ਹੋਏ ਇਸ ਦਾ ਨਿਰਮਾਣ ਕਾਰਜ ਵੀ ਸੁਰੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ 17 ਮਈ ਨੂੰ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦਮਪੁਰ ਤੋਂ 13.74 ਕਰੋੜ ਰੁਪਏ ਦੀ ਲਾਗਤ ਵਾਲੇ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਤੋਂ ਬਾਅਦ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਅਤੇ ਮਾਤਾ ਚਿੰਤਪੁਰਨੀ ਦੇ ਪਵਿੱਤਰ ਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ’ਤੇ ਪਹੁੰਚਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸੁਵਿਧਾ ਮਿਲੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸੜਕ ਦਾ ਕੰਮ ਸ਼ੁਰੂ ਹੋਣਾ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕਿੰਨੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਨੂੰ ਪੂਰਾ ਕਰਦੇ ਸਮੇਂ ਉਚ ਗੁਣਵੱਤਾ ਦੇ ਮਿਆਰ ਦੀ ਪੂਰੀ ਪਾਲਣਾ ਕੀਤੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਵਿਚ ਸੜਕ ਨਿਰਮਾਣ ਕਾਰਜ ਪੂਰਾ ਹੋਵੇਗਾ। ਇਸ ਮੋਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇਅ ਤਰਨਜੀਤ ਸਿੰਘ ਅਰੋੜਾ, ਸਤਵੰਤ ਸਿੰਘ ਸਿਆਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।