ਸਾਰੇ ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ’ਚ ਲਿਖੇ ਜਾਣ : ਡਾ. ਜਸਵੰਤ ਰਾਏ


  ਜ਼ਿਲ੍ਹਾ ਖੋਜ ਅਫ਼ਸਰ, ਹੁਸ਼ਿਆਰਪੁਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਉਪਰਾਲਿਆਂ ਤਹਿਤ ਜ਼ਿਲ੍ਹੇ ਦੇ ਸਾਰੇ ਸੂਚਨਾ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ ਅਤੇ ਜੇਕਰ ਕਿਸੇ ਹੋਰ ਭਾਸ਼ਾ ਵਿਚ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਸਰੀ ਭਾਸ਼ਾ ਵਿਚ ਲਿਖਿਆ ਜਾਵੇ। ਸਰਕਾਰੀ ਅਦਾਰਿਆਂ ਤੋਂ ਇਲਾਵਾ ਗ਼ੈਰ- ਸਰਕਾਰੀ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰੇ ਵੀ  ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖਣੇ ਲਾਜ਼ਮੀ ਬਣਾਉਣਗੇ। ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕੀਤੇ ਜਾਣ ਦੀ ਸੂਰਤ ਵਿਚ ਸਬੰਧਿਤ ਖਿਲਾਫ਼ ਪੰਜਾਬ ਰਾਜ ਭਾਸ਼ਾ (ਤਰਮੀਮ) ਐਕਟ 2008 ਅਤੇ 2021 ਵਿਚ ਦਰਜ ਉਪਬੰਧਾਂ ਅਨੁਸਾਰ ਜ਼ੁਰਮਾਨਾ ਲਗਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਸੂਚਨਾ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ ਜੋੜਾਂ ਸਬੰਧੀ ਕਿਸੇ ਪ੍ਰਕਾਰ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਭਾਸ਼ਾ ਦਫ਼ਤਰ, ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *