ਜ਼ਿਲ੍ਹਾ ਹੁਸ਼ਿਆਰਪੁਰ ਵਿਚ ਝੋਨੇ ਦੀ ਖਰੀਦ ਦਾ ਅੰਕੜਾ ਇਕ ਲੱਖ ਮੀਟਰ ਇਕ ਟਨ ਤੋਂ ਪਾਰ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 116243 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 114723 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 47630 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 27605 ਮੀਟ੍ਰਿਕ ਟਨ, ਪਨਸਪ ਵੱਲੋਂ 20505 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 15699 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 1335 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 1949 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 70 ਖ਼ਰੀਦ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਵਿਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਨਾਲੋ-ਨਾਲ ਖ਼ਰੀਦ ਅਤੇ ਅਦਾਇਗੀ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਨੂੰ ਵੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੱਜਲ-ਖੁਆਰੀ ਤੋਂ ਬਚਣ ਲਈ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ ਕਟਾਈ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ।