ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾ ਰਿਹਾ ਹੈ ਅਤੇ ਕਾਰਜ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਹ ਵਾਰਡ ਨੰਬਰ 2 ਵਿਚ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਇਥੇ ਕਰੀਬ 8 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ਼ ਦਾ ਕੰਮ ਕਰਵਾਇਆ ਗਿਆ ਸੀ ਅਤੇ ਹੁਣ ਇਥੇ ਗਟਕਾ ਪਾ ਕੇ ਤਾਰਕੋਲ ਦਾ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਮੇਂ-ਸਮੇਂ ਸਿਰ ਕੰਮ ਦੀ ਕੁਆਲਟੀ ਨੂੰ ਚੈੱਕ ਕਰਨ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵੀ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਕਾਫੀ ਸਮੇਂ ਤੋਂ ਖਰਾਬ ਚਿੰਤਪੁਰਨੀ ਰੋਡ ਦਾ ਨਿਰਮਾਣ ਕਰਵਾਇਆ ਗਿਆ, ਹੁਸ਼ਿਆਰਪੁਰ ਵਿਚ ਤਹਿਸੀਲ ਦੀ ਨਵੀਂ ਇਮਾਰਤ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸ ਤੋਂ ਇਲਾਵਾ ਹੁਸ਼ਿਆਰਪੁਰ ਵਿਚ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਅਨੇਕ ਵਿਕਾਸ ਦੇ ਪ੍ਰੋਜੈਕਟ ਕੇਵਲ ਹੁਸ਼ਿਆਰਪੁਰ ਵਿਚ ਹੀ ਚੱਲ ਰਹੇ ਹਨ। ਇਸ ਮੌਕੇ ਕੌਂਸਲਰ ਐਡਵੋਕੇਟ ਲਵਕੇਸ਼ ਓਹਰੀ, ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ, ਐਕਸੀਅਨ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਕਿਰਨ ਬਹਿਨ, ਰਾਜਾ, ਵਰਿੰਦਰ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।