ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਡਿਊਟੀ ਸੌਂਪਦੇ ਹੋਏ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨਾਲ ਐਸ. ਡੀ. ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸੁਪਰਡੈਂਟ ਆਸ਼ਾ ਰਾਣੀ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਸਮੇਂ ਸਿਰ ਸਬੰਧਤ ਦਫ਼ਤਰ ਵਿਚ ਪਹੁੰਚਾਉਣ ਲਈ ਕਿਹਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਸਬੰਧੀ ਉਚਿਤ ਵਿਵਸਥਾ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਕੋਮਲ ਮਿੱਤਲ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਅਸਥਾਈ ਪਖਾਨਿਆਂ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਵੱਖ-ਵੱਖ ਟੁਕੜੀਆਂ ਦਾ ਅਭਿਆਸ ਕਰਵਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸੋਅ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਲਈ ਹੁਣ ਤੋਂ ਹੀ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਉਨ੍ਹਾਂ ਬੈਂਡ, ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪੁਰਸਕਾਰਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਰਿਹਰਸਲਾਂ ਆਦਿ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।