ਪੰਜਾਬ ਸਰਕਾਰ ਵੱਲੋਂ ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਰੂਪਮਾਨ’ ਕਰਨ ਲਈ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਈਆਂ ਗਈਆਂ ਤਿੰਨ ਝਾਕੀਆਂ ਮਿਤੀ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਹੁੰਚਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਇਨ੍ਹਾਂ ਝਾਕੀਆਂ ਸਬੰਧੀ ਆਪਣੇ ਦਫ਼ਤਰ ਵਿਖੇ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪਰੇਡ ਵਿਚ ਸ਼ਾਮਿਲ ਕਰਨ ਲਈ ਇਹ ਤਿੰਨ ਵਿਸ਼ੇਸ਼ ਝਾਕੀਆਂ ਤਿਆਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦੀ ਸ਼ੁਰੂਆਤ ਪਟਿਆਲਾ ਅਤੇ ਲੁਧਿਆਣਾ ਤੋਂ ਕੀਤੀ ਜਾ ਚੁੰਕੀ ਹੈ ਅਤੇ ਉਸ ਤੋਂ ਬਾਅਦ ਇਹ ਝਾਕੀਆਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਪ੍ਰਦਰਸ਼ਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਝਾਕੀਆਂ ਸ਼ਹੀਦ ਭਗਤ ਸਿੰਘ ਨਗਰ ਤੋਂ ਗੜ੍ਹਸ਼ੰਕਰ ਰਾਹੀਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਵਿਚ ਪਹੁੰਚਣਗੀਆਂ ਅਤੇ 6 ਫਰਵਰੀ ਨੂੰ ਗੜ੍ਹਸ਼ੰਕਰ, ਮਾਹਿਲਪੁਰ ਅਤੇ ਚੱਬੇਵਾਲ ਰੁਕਣ ਉਪਰੰਤ ਇਹ ਝਾਕੀਆਂ ਹੁਸ਼ਿਆਰਪੁਰ ਸ਼ਹਿਰ ਪਹੁੰਚਣਗੀਆਂ, ਜਿਥੇ ਸ਼ਹੀਦ ਭਗਤ ਸਿੰਘ ਚੌਕ, ਸਰਕਾਰੀ ਕਾਲਜ ਚੌਕ, ਪ੍ਰਭਾਤ ਚੌਕ, ਟਾਂਡਾ ਬਾਈਪਾਸ ਅਤੇ ਨਲੋਈਆਂ ਚੌਕ ਵਿਖੇ ਲੋਕ ਇਨ੍ਹਾਂ ਦੇ ਰੁਬਰੂ ਹੋਣਗੇ। ਉਨ੍ਹਾਂ ਦੱਸਿਆ ਕਿ 7 ਫਰਵਰੀ ਨੂੰ ਇਹ ਝਾਕੀਆਂ ਹਰਿਆਣਾ, ਭੂੰਗਾ, ਗੜ੍ਹਦੀਵਾਲਾ, ਦਸੂਹਾ, ਉੱਚੀ ਬੱਸੀ ਤੋ ਹੁੰਦੀਆਂ ਹੋਈਆਂ ਮੁਕੇਰੀਆਂ ਪਹੁੰਚਣਗੀਆਂ ਅਤੇ ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹੇ ਵਿਚ ਪ੍ਰਵੇਸ਼ ਕਰਨਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਝਾਕੀਆਂ ਦੀ ਸੁਚੱਜੀ ਆਵਾਜਾਈ, ਸੁਰੱਖਿਆ, ਸਾਫ਼-ਸਫ਼ਾਈ, ਫਾਇਰ ਟੈਂਡਰ, ਮੈਡੀਕਲ ਟੀਮ, ਐਂਬੂਲੈਂਸ ਅਤੇ ਹੋਰਨਾਂ ਲੋੜੀਂਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਇਨ੍ਹਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ। ਉਨ੍ਹਾਂ ਸਮੂਹ ਸਬੰਧਤ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ ਵਿਚ ਝਾਕੀਆਂ ਨੂੰ ਆਮ ਜਨਤਾ ਦੇ ਰੁਬਰੂ ਕਰਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਅਤੇ ਇਸ ਕੰਮ ਵਿਚ ਸਮੂਹ ਸਬੰਧਤ ਕਾਰਜਸਾਧਕ ਅਫ਼ਸਰ ਅਤੇ ਬੀ. ਡੀ. ਪੀ. ਓਜ਼ ਉਨ੍ਹਾਂ ਨੂੰ ਸਹਿਯੋਗ ਦੇਣਗੇ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਇਨ੍ਹਾਂ ਝਾਕੀਆਂ ਪ੍ਰਤੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਅਤੇ ਆਮ ਜਨਤਾ ਦੀ ਇਨ੍ਹਾਂ ਵਿਚ ਭਰਵੀਂ ਸ਼ਮੂਲੀਅਤ ਕਰਵਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਤਿਆਰ ਕਰਵਾਈਆਂ ਇਨ੍ਹਾਂ ਵਿਸ਼ੇਸ਼ ਅਤੇ ਵੱਡ-ਆਕਾਰੀ ਝਾਕੀਆਂ ਦੇਖਣ ਦਾ ਸੱਦਾ ਦਿੱਤਾ। ਇਸ ਮੌਕੇ ਡੀ.ਐਸ.ਪੀ ਅਮਰ ਨਾਥ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।