ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਹੁਸ਼ਿਆਰਪੁਰ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਕੈਂਪਾਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਅੱਜ ਜ਼ਿਲ੍ਹੇ ਦੇ ਸਾਰੇ ਉਪ ਮੰਡਲਾਂ ਵਿਚ ਕੁੱਲ 31 ਕੈਂਪ ਲਗਾਏ ਗਏ। ਉਨ੍ਹਾਂ ਦੱਸਿਆ ਕਿ ਹੁਣ ਤੱਕ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੇ 9010 ਸੇਵਾਵਾਂ ਲਈ ਬਿਨੈ ਪੱਤਰ ਪ੍ਰਾਪਤ ਹੋਏ ਅਤੇ 7573 ਸੇਵਾਵਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ। ਇਸੇ ਤਰ੍ਹਾਂ 1801 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਸ ਵਿਚੋਂ 1757 ਦਾ ਹੱਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੈਂਡਿੰਗ ਸੇਵਾਵਾਂ ਅਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਨਿਸ਼ਚਿਤ ਸਮੇਂ ਵਿਚ ਕਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵਿਧਾਇਕ ਸ਼ਾਮਚੁਰਾਸੀ ਡਾ. ਰਵਜੋਤ ਨਾਲ ਹਰਿਆਣਾ ਵਿਚ ਲੱਗੇ ਕੈਂਪ ਦਾ ਵੀ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰੀ ਸੇਵਾਵਾਂ ਲਈ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਕੈਂਪਾਂ ਰਾਹੀਂ ਇਹ ਵਿਸ਼ੇਸ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਦੇ ਫਾਰਮ ਵੀ ਪ੍ਰਾਪਤ ਕੀਤੇ ਜਾ ਰਹੇ ਹਨ, ਇਸ ਲਈ ਯੋਗ ਸਿੱਖ ਵੋਟਰ ਆਪਣੀ ਵੋਟ ਬਣਾਉਣ ਲਈ ਇਨ੍ਹਾਂ ਕੈਂਪਾਂ ਵਿਚ ਫਾਰਮ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਉਪ ਮੰਡਲਾਂ ਵਿਚ ਐਸ.ਡੀ.ਐਮਜ਼ ਇਨ੍ਹਾਂ ਕੈਂਪਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਉਹ ਖੁਦ ਵੀ ਇਨ੍ਹਾਂ ਦਾ ਲਗਾਤਾਰ ਜਾਇਜ਼ਾ ਲੈ ਰਹੇ ਹਨ।
ਕੋਮਲ ਮਿੱਤਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਮੁੱਖ ਤੌਰ ਤੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨ ਅਤੇ ਤੁਰੰਤ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਵੱਖ-ਵੱਖ ਸਰਕਾਰੀ ਸੇਵਾਵਾਂ ਲਈ ਫਾਰਮ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ 43 ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜੀਫ਼ਾ, ਰਿਹਾਇਸ਼ੀ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀ ਸ਼੍ਰੇਣੀ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗਜਨ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਨਾਲ ਸਬੰਧਤ ਲਾਭਪਾਤਰੀ, ਜਨਮ ਸਰਟੀਫਿਕੇਟ ਦੇ ਨਾਮ ਵਿਚ ਬਦਲਾਅ, ਬਿਜਲੀ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜਾਂ ਦੀਆਂ ਪ੍ਰਮਾਣਿਕ ਕਾਪੀਆਂ, ਪੇਂਡੂ ਖੇਤਰ ਨਾਲ ਸਬੰਧਤ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗੂਨ ਸਕੀਮ, ਜਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ ਦੇ ਸਰਟੀਫਿਕੇਟ ਦੇ ਕਾਊਂਟਰ ਬਿਨੈ ਪੱਧਰ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਹਸਤਾਖਰ, ਮੌਤ ਸਰਟੀਫਿਕੇਟ ਵਿਚ ਤਬਦੀਲੀ ਆਦਿ ਸ਼ਾਮਲ ਹਨ।