ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ’ਚ ਨਹੀਂ ਛੱਡੀ ਜਾ ਰਹੀ ਕੋਈ ਕਮੀ: ਬ੍ਰਮ ਸ਼ੰਕਰ ਜਿੰਪਾ


ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 2200 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਮੁਹੱਈਆ ਹੋ ਰਿਹਾ ਹੈ। ਉਹ ਅੱਜ ਬਹਾਦਰਪੁਰ ਬਾਹੀਆਂ ਅਤੇ ਮੋਚਪੁਰ ਵਿਚ 117.51 ਲੱਖ ਰੁਪਏ ਦੀ ਲਾਗਤ ਨਾਲ ਨਵੀਂਆਂ ਜਲ ਸਪਲਾਈ ਸਕੀਮਾਂ ਦਾ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡ ਬਹਾਦਰਪੁਰ ਬਾਹੀਆਂ ਵਿਚ 54.97 ਲੱਖ ਰੁਪਏ ਅਤੇ ਪਿੰਡ ਮੋਚਪੁਰ ਵਿਚ 62.54 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਹੁਕਮ ਹੈ ਕਿ ਪੰਜਾਬ ਵਿਚ ਕਿਸੇ ਵੀ ਸਥਾਨ ’ਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਉਨ੍ਹਾਂ ਦੱਸਿਆ ਕਿ ਪਿੰਡ ਵਿਚ ਇਸ ਨਵੀਂ ਜਲ ਸਪਲਾਈ ਸਕੀਮ ਤਹਿਤ ਟਿਊਬਵੈਲ ਅਤੇ ਟੈਂਕੀਆਂ ਦੇ ਨਾਲ-ਨਾਲ ਸੋਲਰ ਪੈਨਲ ਵੀ ਲੱਗੇਗਾ ਤਾਂ ਜੋ ਬਿਜਲੀ ਦੀ ਬੱਚਤ ਕੀਤੀ ਜਾ ਸਕੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਨੂੰ ਧਿਆਨ ਵਿਚ ਰੱਖਿਆ ਹੈ। ਆਮ ਲੋਕਾਂ ਨੂੰ ਜਿਥੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਉਥੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਸਿਹਤ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਸਰਪੰਚ ਮੋਚਪੁਰ ਹਰਜੀਤ ਕੌਰ, ਬਲਜੀਤ ਸੈਣੀ, ਜਗਤਾਰ ਸਾਬੀ, ਰਮੇਸ਼ ਚੰਦ, ਰੇਸ਼ਮ ਸਿੰਘ, ਸ਼ਰਨਜੀਤ, ਡਾ. ਪਵਨ ਕੁਮਾਰ, ਰਾਮ ਸਿੰਘ, ਪ੍ਰੀਤਪਾਲ ਸਿੰਘ, ਅਸ਼ੋਕ ਪਹਿਲਵਾਨ, ਅਵਤਾਰ ਸਿੰਘ ਤਾਰੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *