ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖ਼ਬਰਾਂ ਅਤੇ ਝੂਠੀਆਂ ਖਬਰਾਂ ‘ਤੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ : ਕੋਮਲ ਮਿੱਤਲ


ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅੱਜ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਸੈੱਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਸਿਆਸੀ ਇਸ਼ਤਿਹਾਰਬਾਜ਼ੀ, ਮੁੱਲ ਦੀਆਂ ਖਬਰਾਂ ਅਤੇ ਝੂਠੀਆਂ ਖਬਰਾਂ ‘ਤੇ ਰੱਖੀ ਜਾ ਰਹੀ ਨਜ਼ਰਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਲੈਕਟ੍ਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ-ਪੇਪਰ ਵਿਚ ਕੋਈ ਵੀ ਸਿਆਸੀ ਇਸ਼ਤਿਹਾਰਬਾਜ਼ੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤੀ ਜਾ ਸਕਦੀ। ਇਸੇ ਤਰਾਂ ਪ੍ਰਿੰਟ ਮੀਡੀਆ ਵਿਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਛਪ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਪੋਸਟਰ, ਪੈਂਫਲਿਟ ਆਦਿ ਉੱਪਰ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਂ ਛਪਿਆ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ‘ਤੇ ਬਣੀ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਕਮੇਟੀ ਵੱਲੋਂ ਸੋਸ਼ਲ ਮੀਡੀਆ ‘ਤੇ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਚੋਣਾਂ ਦੌਰਾਨ ਲੋਕਾਂ ਨੂੰ ਵੋਟ ਅਧਿਕਾਰ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ, ਪਰੰਤੂ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਖ਼ਬਰਾਂ ਦੀ ਪੁਸ਼ਟੀ ਕੀਤੇ ਬਿਨਾਂ ਉਨ੍ਹਾਂ ਨੂੰ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵੈੱਬਕਾਸਟਿੰਗ ਸੈੱਲ ਦਾ ਵੀ ਨੀਰਿਖਣ ਕੀਤਾ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਵਾਸੀ ਚੋਣਾਂ ਅਤੇ ਚੋਣ ਜ਼ਾਬਤੇ ਸਬੰਧੀ ਕੋਈ ਵੀ ਸ਼ਿਕਾਇਤ ਹੈਲਪ ਲਾਈਨ ਨੰਬਰ 1950 ‘ਤੇ ਕਰ ਸਕਦੇ ਹਨ। ਇਸ ਤੋਂ ਬਿਨ੍ਹਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜਲ ਐਪ ‘ਤੇ ਵੀ ਸ਼ਿਕਾਇਤ ਕੀਤੀ ਜਾ ਸਕਦੀ ਹੈ।
ਇਸ ਮੌਕੇ ਸਹਾਇਕ ਕਮਿਸ਼ਨਰ ਦਿਵਿਆ ਪੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ, ਸਹਾਇਕ ਲੋਕ ਸੰਪਰਕ ਅਫਸਰ ਲੋਕੇਸ਼ ਕੁਮਾਰ, ਕਾਨੂੰਗੋ ਚੋਣਾਂ ਦੀਪਕ ਕੁਮਾਰ ਅਤੇ ਡਾ. ਸੰਜੀਵ ਕੁਮਾਰ ਬਖਸ਼ੀ ਤੋਂ ਇਲਾਵਾ ਮੀਡੀਆ ਸਰਟੀਫਿਕੇਸਨ ਅਤੇ ਮੋਨੀਟਰਿੰਗ ਸੈੱਲ ਅਤੇ ਜ਼ਿਲ੍ਹਾ ਵੈੱਬਕਾਸਟਿੰਗ ਸੈੱਲ ਦੇ ਕਰਮਚਾਰੀ ਮੌਜੂਦ ਸਨ।

Leave a Reply

Your email address will not be published. Required fields are marked *