ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ ਦੋ ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ 214355 ਮੀਟ੍ਰਿਕ ਟਨ ਕਣਕ ਵਿਚੋਂ 214355 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 431.26 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਆਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਸਾਰੀਆਂ 74 ਮੰਡੀਆਂ ਵਿਚ ਕਣਕ ਦੀ ਨਿਰਵਿਘਨ ਖ਼ਰੀਦ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 60809 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 48086, ਪਨਸਪ ਵੱਲੋਂ 52317, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 30470, ਐਫ.ਸੀ.ਆਈ ਵੱਲੋਂ 17300 ਅਤੇ ਵਪਾਰੀਆਂ ਵੱਲੋਂ 5373 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੇ ਮਿਜਾਜ਼ ਨੂੰ ਧਿਆਨ ਵਿਚ ਰੱਖਦਿਆਂ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਪ੍ਰਬੰਧਾਂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਮੰਡੀਆਂ ਵਿਚ ਫ਼ਸਲ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਸ਼ੈੱਡ, ਪੱਖੇ, ਪੀਣ ਵਾਲੇ ਪਾਣੀ ਆਦਿ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਾਮ ਸਮੇਂ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਵਾਉਣ ਨਾਲ ਕੰਬਾਇਨਾਂ ਨਮੀ ਵਾਲੀ ਫ਼ਸਲ ਵੀ ਕੱਟ ਦਿੰਦੀਆਂ ਹਨ, ਜਿਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।