ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਅੰਕੜਾ 3 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 301740 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 658.85 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਹੁਣ ਤੱਕ 211603 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 74 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 82482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 69289, ਪਨਸਪ ਵੱਲੋਂ 73271, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 42555, ਐਫ.ਸੀ.ਆਈ ਵੱਲੋਂ 25045 ਅਤੇ ਵਪਾਰੀਆਂ ਵੱਲੋਂ 9098 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।
—