ਭਾਰਤ ਚੌਣ ਕਮਿਸ਼ਨਰ ਵਲੋਂ ਲੋਕ ਸਭਾ ਹਲਕਾ-05 ਹੁਸ਼ਿਆਰਪੁਰ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ 2003 ਬੈਚ ਦੇ ਆਈ.ਏ.ਐਸ ਅਫ਼ਸਰ ਡਾ. ਆਰ. ਆਨੰਦਕੁਮਾਰ ਅਤੇ ਪੁਲਿਸ ਅਬਜ਼ਰਵਰ 2014 ਬੈਚ ਦੇ ਆਈ.ਪੀ.ਐਸ ਅਫ਼ਸਰ ਕੁਸ਼ਲ ਪਾਲ ਸਿੰਘ ਨੇ ਅੱਜ ਲੋਕ ਸਭਾ ਹੁਸ਼ਿਆਰਪੁਰ ਲਈ ਸਥਾਪਿਤ ਗਿਣਤੀ ਕੇਂਦਰਾਂ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਅਤੇ ਮਲਟੀ ਸਕਿੱਲ ਡਿਵੈਲਮੈਂਟ ਸੈਂਟਰ, ਆਈ.ਟੀ.ਆਈ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਭ ਤੋਂ ਪਹਿਲਾਂ ਜਨਰਲ ਅਤੇ ਪੁਲਿਸ ਅਬਜ਼ਰਵਰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਪਹੁੰਚੇ, ਜਿਥੇ ਉਨ੍ਹਾਂ ਨੇ ਸੱਤ ਵਿਧਾਨ ਸਭਾ ਹਲਕਿਆਂ ਦੇ ਬਣੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਉਥੇ ਸੁਰੱਖਿਆ, ਸੀ.ਸੀ.ਟੀ.ਵੀ ਕੈਮਰੇ, ਸਟਰਾਂਗ ਰੂਮਾਂ, ਕਾਊਂਟਿੰਗ ਸੈਂਟਰ ਬਣਾਉਣ ਸਬੰਧੀ ਜ਼ਰੂਰੀ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਐਸ.ਪੀ ਮਨੋਜ ਕੁਮਾਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਜਨਰਲ ਅਬਜ਼ਰਵਰ ਅਤੇ ਪੁਲਿਸ ਅਬਜ਼ਰਵਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਗਿਣਤੀ ਕੇਂਦਰਾਂ ਵਿਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹੋਣੇ ਚਾਹੀਦੇ ਹਨ ਅਤੇ ਸੁਰੱਖਿਆ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਗਿਣਤੀ ਪ੍ਰਕਿਰਿਆ ਦੇ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕ ਸਭਾ ਚੋਣਾਂ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋ ਸਕਣ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਜ਼ਿਲ੍ਹੇ ਗਿਣਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਸਬੰਧੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਐਸ.ਪੀ ਮਨੋਜ ਕੁਮਾਰ ਨੇ ਕਿਹਾ ਕਿ ਵੋਟਾਂ ਦੀ ਗਿਣਤੀ ਦੌਰਾਨ ਸੁਰੱਖਿਆ ਦੇ ਲਿਹਾਜ਼ ਨਾਲ ਜ਼ਿਲ੍ਹਾ ਪੁਲਿਸ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਮੁਕੰਮਲ ਕਰਨ ਲਈ ਪੁਲਿਸ ਵਲੋਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਅਤੇ ਕਿਸੇ ਵੀ ਕੀਮਤ ’ਤੇ ਕਾਨੂੰਨ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ।