ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਨਗਰ ਨਿਗਮ ਦਫ਼ਤਰ ਵਿਖੇ ਨਿਗਮ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਸ਼ਹਿਰ ਵਾਸੀਆਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਅਤੇ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੰਦੀਪ ਤਿਵਾੜੀ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ।
ਕੈਬਨਿਟ ਮੰਤਰੀ ਨੇ ਪਾਣੀ ਬਾਰੇ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਟਿਊਬਵੈਲਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰੇਕ ਵਾਰਡ ਨੂੰ ਲੋੜ ਅਨੁਸਾਰ ਪਹਿਲ ਦੇ ਆਧਾਰ ’ਤੇ ਟਿਊਬਵੈਲ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਜਿਥੇ ਕਿਤੇ ਦੁਬਾਰਾ ਬੋਰ ਕਰਨ ਦੀ ਲੋੜ ਹੈ, ਉਹ ਤੁਰੰਤ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਕਾਰਨ ਕਈ ਇਲਾਕਿਆਂ ਵਿਚ ਪ੍ਰੈਸ਼ਰ ਘੱਟ ਗਿਆ ਹੈ ਜਿਸ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗੱਡੀਆਂ, ਸੜਕਾਂ ਅਤੇ ਫਰਸ਼ਾਂ ਆਦਿ ਧੋ ਕੇ ਪਾਣੀ ਦੀ ਦੁਰਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਲਦ ਹੀ ਕੈਂਪ ਲਗਾ ਕੇ ਨਗਰ ਨਿਗਮ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਕਸੀਅਨ ਕੁਲਦੀਪ ਸਿੰਘ, ਐਕਸੀਅਨ ਹਰਪ੍ਰੀਤ ਸਿੰਘ, ਐਮ.ਟੀ.ਪੀ ਲਖਵੀਰ ਸਿੰਘ, ਸੁਪਰਡੈਂਟ ਅਮਿਤ ਕੁਮਾਰ, ਸੁਆਮੀ ਸਿੰਘ ਤੇ ਕੁਲਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।