ਮਾਨਯੋਗ ਸੁਪਰੀਮ ਕੋਰਟ ਵੱਲੋਂ 29 ਜੁਲਾਈ, 2024 ਨੂੰ ਸਪੈਸ਼ਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਸਬੰਧੀ, ਚੀਫ ਜੁਡੀਸ਼ੀਅਲ ਮੈਜਿਸਟੇਰਟ-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜ ਪਾਲ ਰਾਵਲ ਵੱਲੋਂ ਪ੍ਰੀ-ਲੋਕ ਅਦਾਲਤ ਕੰਸੀਲੀਏਸ਼ਨ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਅੱਜ ਕੀਤੀ ਮੀਟਿੰਗ ਵਿਚ ਸੁਪਰੀਮ ਕੋਰਟ ਵਿੱਚ ਪੈਂਡਿੰਗ ਕੇਸਾਂ ਨਾਲ ਸਬੰਧਿਤ ਪਾਰਟੀਆਂ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨੂੰ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਪੈਂਡਿੰਗ ਕੇਸਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਇਸ ਮੀਟਿੰਗ ਵਿਚ ਲੋਕਾਂ ਨੂੰ ਸਪੈਸ਼ਲ ਲੋਕ ਅਦਾਲਤ ਵਿਚ ਕੇਸ ਲਗਾਉਣ ਦੇ ਲਾਭਾਂ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਕਿ ਇਸ ਵਿੱਚ ਕੇਸ ਲਗਾਉਣ ਨਾਲ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ।
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਪੈਸ਼ਲ ਲੋਕ ਅਦਾਲਤ ਵਿਚ ਲੱਗਣ ਵਾਲੇ ਕੇਸਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਕਿ ਇਸ ਵਿਚ ਲੇਬਰ ਨਾਲ ਸਬੰਧਿਤ ਮਾਮਲੇ, ਚੈੱਕ ਨਾਲ ਸੰਬੰਧਤ ਮਾਮਲੇ (138 ਐਨ.ਆਈ. ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਪਰਿਵਾਰ ਕਾਨੂੰਨ ਦੇ ਮਾਮਲੇ, ਸਰਵਿਸਜ਼ ਦੇ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੇਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾਂ (ਦੀਵਾਨੀ ਅਤੇ ਫ਼ੌਜਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲਿਆਂ ਨਾਲ ਸਬੰਧਿਤ ਕੇਸ ਲਗਾਏ ਜਾ ਸਕਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਸਮੇਂ-ਸਮੇਂ ‘ਤੇ ਲਗਾਈਆਂ ਜਾਣ ਵਾਲੀਆਂ ਕੌਮੀ ਲੋਕ ਅਦਾਲਤਾਂ ਸਬੰਧੀ ਵੀ ਜਾਣਕਾਰੀ ਦਿੱਤੀ ਜੋ ਕਿ ਇਕ ਸਾਲ ਵਿਚ ਚਾਰ ਵਾਰ ਲਗਾਈ ਜਾਂਦੀ ਹੈ ਅਤੇ ਅਗਲੀ ਲੋਕ ਅਦਾਲਤ 14 ਸਤੰਬਰ, 2024 ਨੂੰ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਇਸ ਲੋਕ ਅਦਾਲਤ ਵਿਚ ਆਮ ਜਨਤਾ ਨੂੰ ਵੱਧ ਤੋਂ ਵੱਧ ਕੇਸ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਸਕੇ ਤਾਂ ਜੋ ਆਮ ਜਨਤਾ ਇਨ੍ਹਾਂ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕੇ।
ਇਥੇ ਇਹ ਵੀ ਵਰਨਣਯੋਗ ਹੈ ਕਿ ਸਪੈਸ਼ਲ ਲੋਕ ਅਦਾਲਤ ਸੁਪਰੀਮ ਕੋਰਟ ਵੱਲੋਂ ਪਹਿਲੀ ਵਾਰ ਲਗਾਈ ਜਾ ਰਹੀ ਹੈ, ਜਿਸ ਕਾਰਨ ਇਸ ਵਿਚ ਕੇਸ ਲਗਾਉਣ ਲਈ ਲੋਕਾਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ।