ਹਾਈ ਰਿਸਕ ਗਰਭਵਤੀ ਔਰਤਾਂ ਦੀ ਦੇਖਭਾਲ ਲਈ ਜਿਲੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਆਯੋਜਿਤ ਕੀਤਾ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ :  ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ

ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੀ.ਐਮ.ਐਸ.ਐਮ.ਏ ਵਾਲੇ ਦਿਨ ਸਿਹਤ ਸੰਸਥਾਵਾਂ ਤੇ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜਰੂਰੀ ਟੈਸਟ ਅਤੇ ਇਲਾਜ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ। 

ਉਹਨਾਂ ਦੱਸਿਆ ਕਿ ਅੱਜ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਪੀ.ਐਚ.ਸੀਜ਼, ਸੀ.ਐਚ.ਸੀਜ਼, ਸਬ-ਡਵਿਜ਼ਨਲ ਹਸਪਤਾਲਾਂ ਅਤੇ ਜਿਲ੍ਹਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਆਯੋਜਿਤ ਕੀਤੇ ਗਏ ਜਿੱਥੇ ਔਰਤ ਰੋਗਾਂ ਦੇ ਮਾਹਰ, ਮੈਡੀਕਲ ਸ਼ਪੈਸਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ਼ ਵੱਲੋਂ ਏ.ਐਨ.ਸੀ. ਸੇਵਾਵਾਂ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਖਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ।

ਉਹਨਾਂ ਕਿਹਾ ਕਿ ਇਸ ਦਿਨ ਆਸ਼ਾ ਅਤੇ ਏਐਨਐਮ ਦੁਆਰਾ ਲਾਈਨ ਲਿਸਟ ਕੀਤੀਆਂ ਉੱਚ ਜ਼ੋਖਿਮ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ। ਹਾਈ ਰਿਸਕ ਗਰਭਵਤੀ ਔਰਤਾਂ ਨੂੰ ਵਿਸ਼ੇਸ਼ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਮਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਉਹ ਇਸ ਅਭਿਆਨ ਦਾ ਪੂਰੀ ਤਰਾਂ ਫਾਇਦਾ ਚੁੱਕਣ ਅਤੇ ਸਵਸਥ ਬੱਚੇ ਨੂੰ ਜਨਮ ਦੇ ਕੇ ਖੁਦ ਵੀ ਸਿਹਤਮੰਦ ਰਹਿਣ।

Leave a Reply

Your email address will not be published. Required fields are marked *