ਸਰਕਾਰੀ ਦਫ਼ਤਰਾਂ ‘ਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ : ਰਾਹੁਲ ਚਾਬਾ


ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਸੁਵਿਧਾਵਾਂ ਦੇਣ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਰ ‘ਤੇ ਹੱਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ ਬਲਕਾਰ ਸਿੰਘ ਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪਿਛਲੀ ਤਿਮਾਹੀ ਦੀ ਮੀਟਿੰਗ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਲੀਡ ਬੈਂਕ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਦੇ ਸਮੂਹ ਬੈਂਕਾਂ ਨੂੰ ਨਿਰਦੇਸ਼ ਦੇਣ ਕਿ ਬੈਂਕਾਂ ਵਿਚ ਬਜ਼ੁਰਗਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਉਨ੍ਹਾਂ ਟ੍ਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸਰਕਾਰੀ ਬੱਸਾਂ ਵਿਚ ਬਜ਼ੁਰਗਾਂ ਦੀ ਰਿਜ਼ਰਵ ਸੀਟ ‘ਤੇ ਕੇਵਲ ਸੀਨੀਅਰ ਸਿਟੀਜ਼ਨਾਂ ਦਾ ਬੈਠਣਾ ਯਕੀਨੀ ਬਣਾਉਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੈਸ਼ਰ ਹਾਰਨਾਂ ‘ਤੇ ਸਖ਼ਤੀ ਵਰਤੀ ਜਾਵੇ, ਕਿਉਂਕਿ ਇਹ ਪ੍ਰੈਸ਼ਰ ਹਾਰਨ ਬਜ਼ੁਰਗਾਂ ਲਈ ਹਾਨੀਕਾਰਕ ਸਾਬਿਤ ਹੋ ਸਕਦੇ ਹਨ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਵਿਚ ਲੱਗਣ ਵਾਲੀ ਲਾਈਨ ਵਿਚ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ‘ਤੇ ਪਰਚੀ ਦੇਣ ਦੇ ਨਾਲ-ਨਾਲ ਡਾਕਟਰਾਂ ਨੂੰ ਪਹਿਲ ਦੇ ਆਧਾਰ ‘ਤੇ ਬਜ਼ੁਰਗਾਂ ਦਾ ਚੈਕਅੱਪ ਕਰਨ ਦੇ ਨਿਰਦੇਸ਼ ਵੀ ਦਿੱਤੇ।
ਰਾਹੁਲ ਚਾਬਾ ਨੇ ਪੋਸਟ ਵਿਭਾਗ, ਬੈਂਕਾਂ, ਪਾਵਰ ਕਾਰਪੋਰੇਸ਼ਨ ਅਤੇ ਰੇਲਵੇ ਵਿਭਾਗ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਉਹ ਆਪਣੇ ਵਿਭਾਗਾਂ ਤਹਿਤ ਕੰਮ ਕਰਵਾਉਣ ਆਏ ਲੋਕਾਂ ਵਿਚ ਬਜ਼ੁਰਗਾਂ ਨੂੰ ਪਹਿਲ ਦੇਣ ਅਤੇ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕਰਨ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਸੁਵਿਧਾ ਲਈ ਇਕ ਟੋਲ ਫਰੀ ਨੰਬਰ 14567 ਹੈ, ਜੋ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਚੱਲਦਾ ਹੈ ਅਤੇ ਇਸ ਨੰਬਰ ‘ਤੇ ਕੋਈ ਵੀ ਬਜ਼ੁਰਗ ਆਪਣੀ ਕੋਈ ਵੀ ਸ਼ਿਕਾਇਤ ਅਤੇ ਸਮੱਸਿਆ ਦਰਜ ਕਰਵਾ ਸਕਦਾ ਹੈ। ਇਸ ਮੌਕੇ ਸੀਨੀਅਰ ਸਿਟੀਜਨਸ ਐਸੋਸੀਏਸ਼ਨ ਤੋਂ ਜਰਨੈਲ ਸਿੰਘ ਧੀਰ, ਕੁਲਦੀਪ ਸਿੰਘ, ਸੂਰਜ ਪ੍ਰਕਾਸ਼ ਆਨੰਦ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *