ਹੁਸ਼ਿਆਰਪੁਰ, 9 ਜਨਵਰੀ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਪ੍ਰਾਈਵੇਟ ਸਕੂਲਾਂ/ਸੰਸਥਾਵਾਂ/ਪਲੇਅ-ਵੇ ਸਕੂਲਾਂ ਨੂੰ, ਜੋ ਸ਼ੁਰੂਆਤੀ ਬਾਲ ਦੇਖ-ਭਾਗ ਅਤੇ ਸਿੱਖਿਆ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੁਕੇਸ਼ਨ-ਈ.ਸੀ.ਈ ਦੇ ਖੇਤਰ ਵਿਚ ਕੰਮ ਕਰ ਰਹੇ ਹਨ ਦਾ ਲਾਜ਼ਮੀ ਰਜਿਸਟ੍ਰੇਸ਼ਨ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿਚ 3-6 ਸਾਲ ਦੇ ਬੱਚਿਆਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਸੰਸਥਾਵਾਂ ਨੂੰ ਲਾਜ਼ਮੀ ਰਜਿਸਟ੍ਰੇਸ਼ਨ ਕਰਨਾ ਹੋਵੇਗਾ। ਇਸ ਲਈ ਸੰਸਥਾਵਾਂ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਹੁਸ਼ਿਆਰਪੁਰ ਜਾਂ ਸਬੰਧਤ ਸੀ.ਡੀ.ਪੀ.ਓ (ਬਾਲ ਵਿਕਾਸ ਪ੍ਰੋਜੈਕਟ ਅਫ਼ਸਰ) ਨਾਲ ਸੰਪਰਕ ਕਰਕੇ ਅਰਜ਼ੀ ਫਾਰਮ 1 ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਹਰਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਥਿਤ ਸਾਰੇ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ। ਜੇਕਰ ਕੋਈ ਵੀ ਸਕੂਲ ਜਾਂ ਸੰਸਥਾ ਸਰਕਾਰੀ ਨੀਤੀਆਂ ਅਤੇ ਮਾਪਦੰਡਾਂ ਦੀ ਪਾਲਣਾ ਕਰਨ ਵਿਚ ਅਸਫ਼ਲ ਰਹਿੰਦਾ ਹੈ ਤਾਂ ਫਿਰ ਉਨ੍ਹਾਂ ਦੇ ਕੰਮ ’ਤੇ ਪਾਬੰਦੀ ਲਗਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਕਦਮ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਸਿੱਖਿਆ ਦੇ ਮੁਢਲੇ ਪੱਧਰ ’ਤੇ ਗੁਣਵੱਤਾ ਨੂੰ ਬਣਾਈ ਰੱਖਣ ਲਈ ਚੁਕਿਆ ਗਿਆ ਹੈ। ਉਨ੍ਹਾਂ ਨੇ ਸਾਰੀਆਂ ਸਬੰਧਤ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਿਥੇ ਸਮੇਂ ਵਿਚ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ।