ਮੰਡੀਆਂ ’ਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ’ਚ ਲਿਆਂਦੀ ਜਾਵੇ ਤੇਜ਼ੀ : ਕੋਮਲ ਮਿੱਤਲ-ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਏਜੰਸੀਆਂ ਨੂੰ ਦਿੱਤੇ ਨਿਰਦੇਸ਼


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਾਣਾ ਮੰਡੀ ਹੁਸ਼ਿਆਰਪੁਰ ਦਾ ਦੌਰਾ ਕਰਦਿਆਂ ਖ਼ਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਵਿਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਇਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਣਕ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 19153 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 18710 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵੱਲੋਂ 6665 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 2600, ਪਨਸਪ ਵੱਲੋਂ 3181, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 3718, ਐਫ.ਸੀ.ਆਈ ਵੱਲੋਂ 1925 ਅਤੇ ਵਪਾਰੀਆਂ ਵੱਲੋਂ 621 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਰਾਤ ਨੂੰ ਕੰਬਾਇਨਾਂ ਨਾਲ ਕਣਕ ਦੀ ਕਟਾਈ ਨਾ ਕਰਨ। ਉਨ੍ਹਾਂ ਕਿਹਾ ਕਿ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। 

Leave a Reply

Your email address will not be published. Required fields are marked *