
ਹੁਸ਼ਿਆਰਪੁਰ, 13 ਜੁਲਾਈ: ਹੁਸ਼ਿਆਰਪੁਰ ਸ਼ਹਿਰ ਦੇ ਲੋਕਾਂ ਨੂੰ ਪਾਣੀ ਦੇ ਸੰਕਟ ਤੋਂ ਰਾਹਤ ਦੇਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਐਤਵਾਰ ਨੂੰ ਵਾਰਡ ਨੰਬਰ 17 ਦੇ ਭੀਮ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ‘ਤੇ ਕੁੱਲ 32 ਲੱਖ ਰੁਪਏ ਦੀ ਲਾਗਤ ਆਵੇਗੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਵੇਲੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਕਰੀਬ 100 ਟਿਊਬਵੈੱਲ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਨ੍ਹਾਂ ਦੀ ਮਦਦ ਨਾਲ ਪਾਣੀ ਦੀ ਸਪਲਾਈ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਪੈਦਾ ਨਹੀਂ ਹੋਣ ਦਿੱਤੀ ਜਾਵੇਗੀ। ਜਿੰਪਾ ਨੇ ਭਰੋਸਾ ਦਿੱਤਾ ਕਿ ਭੀਮ ਨਗਰ ਵਿੱਚ ਲਗਾਏ ਜਾਣ ਵਾਲੇ ਇਸ ਨਵੇਂ ਟਿਊਬਵੈੱਲ ਨੂੰ 30 ਦਿਨਾਂ ਦੇ ਅੰਦਰ ਪੂਰੀ ਤਰ੍ਹਾਂ ਚਾਲੂ ਕਰ ਦਿੱਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਪਾਣੀ ਦੀ ਢੁੱਕਵੀਂ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਪਾਣੀ ਦੇ ਸੰਕਟ ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਪੁੱਟਣ ਲਈ ਨਵੇਂ ਟਿਊਬਵੈੱਲ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਗਰਮੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਪਾਣੀ ਦੀ ਸਪਲਾਈ ਦੀ ਸਥਿਤੀ ‘ਤੇ ਨਜ਼ਰ ਰੱਖੀ ਰਾ ਰਹੀ ਹੈ ਅਤੇ ਲੋੜ ਅਨੁਸਾਰ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭੀਮ ਨਗਰ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਸੀ, ਜੋ ਹੁਣ ਇਸ ਨਵੇਂ ਟਿਊਬਵੈੱਲ ਨਾਲ ਹੱਲ ਹੋ ਜਾਵੇਗੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਵੀ ਅਜਿਹੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਹੁਸ਼ਿਆਰਪੁਰ ਦੇ ਨਾਗਰਿਕਾਂ ਨੂੰ ਬਿਹਤਰ ਰਹਿਣ-ਸਹਿਣ ਦੀਆਂ ਸਹੂਲਤਾਂ ਮਿਲ ਸਕਣ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਮਨਜੀਤ ਕੌਰ, ਜਸਵੀਰ ਸਿੰਘ, ਸੁਖਬੀਰ ਸਿੰਘ, ਕਾਮਰੇਡ ਗੰਗਾ ਪ੍ਰਸਾਦ ਅਤੇ ਮੋਹਨ ਲਾਲ ਵੀ ਮੌਜੂਦ ਸਨ।